ਜਲੰਧਰ- (ਮਨਦੀਪ ਕੌਰ)-ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਤੋਂ ਨਵੀਂ ਮੁਸੀਬਤ ਵਿਚ ਘਿਰ ਗਿਆ ਹੈ। ਹੁਣ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਨਿਹੰਗਾਂ ਤੋਂ ਇਲਾਵਾ ਪਟੀਸ਼ਨਰਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਕੋਲੋਂ ਵੀ ਧਮਕੀਆਂ ਮਿਲ ਰਹੀਆਂ ਹਨ। ਉਹ ਅਗਲੀ ਸੁਣਵਾਈ ‘ਤੇ ਹਾਈਕੋਰਟ ਨੂੰ ਲਿਖ਼ਤੀ ਰੂਪ ‘ਚ ਇਹ ਜਾਣਕਾਰੀ ਦੇਣਗੇ। ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਕੁੱਲ੍ਹੜ ਪਿੱਜ਼ਾ ਕੱਪਲ ਨੂੰ ਮਿਲ ਚੁੱਕੀ ਹੈ ਸਕਿਓਰਿਟੀ
ਇਥੇ ਦੱਸਣਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਬੀਤੇ ਦਿਨ ਸਕਿਓਰਿਟੀ ਮੁਹੱਈਆ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕਿਓਰਿਟੀ ਵਿਚ ਦੋ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਦਿੱਤੇ ਗਏ ਹਨ। ਪੰਜਾਬ ਪੁਲਸ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸੁਰੱਖਿਆ ਲਈ 2 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਹਨ, ਜਦਕਿ ਇਕ PCR ਨਿਯਮਤ ਤੌਰ ‘ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ ‘ਤੇ ਗਸ਼ਤ ਕਰੇਗੀ। ਇਹ ਜਾਣਕਾਰੀ ਪੰਜਾਬ ਪੁਲਸ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦਿੱਤੀ। ਇਥੇ ਦੱਸ ਦੇਈਏ ਕਿ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਹਾਈਕੋਰਟ ਵੱਲੋਂ ਸਕਿਓਰਿਟੀ ਦੇਣ ਦੇ ਆਦੇਸ਼ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੇ ਗਏ ਸਨ।
ਜ਼ਿਕਰਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਕੁੱਲ੍ਹੜ ਪਿੱਜ਼ਾ ਕੱਪਲ ਨੇ ਨਿਹੰਗ ਮਾਨ ਸਿੰਘ ਦੇ ਵਿਰੋਧ ਮਗਰੋਂ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ। ਜਲੰਧਰ ਦੇ ACP ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦੇ ਇਹ ਵੀ ਕਿਹਾ ਕਿ ਦੋਵਾਂ ਨੂੰ ਮਿਲੀ ਧਮਕੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।